ਬਾਬਾ ਬੁੱਢਾ ਜੀ
ਗੁਰੂ ਅਰਜਨ ਦੇਵ ਜੀ ਦੇ ਮੱਥੇ ਟਿਕਾ ਲਗਾਂਦੇ ਹੋਏ, ਅਤੇ ਗੁਰਤਾ ਦੀ ਰਸਮ ਅਦਾ ਕਰਦੇ ਹੋਏ।
ਬਾਬਾ ਬੁੱਢਾ ਜੀ ਦਾ ਜਨਮ ਭਾਈ ਸੁਘਾ ਦੇ ਘਰ ਮਾਤਾ ਗੌਰਾਂ ਦੀ ਕੁੱਖੋਂ, ਪਿੰਡ ਕੱਥੂ ਨੰਗਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਮਾਪਿਆਂ ਨੇ ਉਨ੍ਹਾਂ ਦਾ ਨਾਂ ਬੂੜਾ ਰੱਖਿਆ। ਕੁਝ ਚਿਰ ਮਗਰੋਂ ਉਨ੍ਹਾਂ ਦੇ ਮਾਪੇ ਪਿੰਡ ਰਮਦਾਸ ਆ ਵੱਸੇ। ਉਹ ਬਾਅਦ ਵਿੱਚ ਮੱਝਾਂ ਦੇ ਵਾਗੀ ਬਣੇ। ਜਦ ਉਹ ਬਾਰਾਂ ਵਰ੍ਹਿਆਂ ਦੇ ਸਨ, ਤਦ ਗੁਰੂ ਨਾਨਕ ਦੇਵ ਜੀ ਰਮਦਾਸ ਪਿੰਡ ਦੇ ਪਾਸ ਆ ਟਿਕੇ। ਬੂੜਾ ਜੀ ਮੱਝਾਂ ਚਾਰਦੇ ਉੱਥੇ ਆ ਗਏ ਅਤੇ ਉਨ੍ਹਾਂ ਗੁਰੂ ਜੀ ਦਾ ਉਪਦੇਸ਼ ਸੁਣਿਆ। ਬਾਅਦ ਵਿੱਚ ਉਹ ਰੋਜ਼ ਗੁਰੂ ਜੀ ਕੋਲ ਆਉਂਦੇ ਅਤੇ ਉਹਨਾਂ ਦਾ ਉਪਦੇਸ਼ ਸੁਣਦੇ ਅਤੇ ਉਹਨਾਂ ਵਾਸਤੇ ਦੁੱਧ ਲਿਆ ਕੇ ਭੇਟ ਕਰਦੇ। ਇੱਕ ਦਿਨ ਗੁਰੂ ਜੀ ਨੇ ਬੂੜਾ ਜੀ ਨੂੰ ਉਨ੍ਹਾਂ ਬਾਰੇ ਪੁੱਛਿਆ ਅਤੇ ਗੁਰੂ ਜੀ ਨੇ ਬੂੜਾ ਜੀ ਦੇ ਜਬਾਬ ਸੁਣ ਕੇ ਕਿਹਾ ਕਿ 'ਤੂੰ ਹੈਂ ਤਾਂ ਬੱਚਾ, ਪਰ ਗੱਲਾਂ ਬੁੱਢਿਆਂ ਵਾਲੀਆਂ ਕਰਦਾ ਹੈਂ। ਤੂੰ ਬੱਚਾ ਨਹੀਂ, ਤੂੰ ਬੁੱਢਾ ਹੈਂ।' ਉਸ ਦਿਨ ਤੋਂ ਬੂੜਾ ਜੀ ਦਾ ਨਾਂ 'ਬੁੱਢਾ ਜੀ' ਪੈ ਗਿਆ। ਸਿੱਖ ਉਹਨਾਂ ਨੂੰ ਪਿਆਰ ਨਾਲ ਬਾਬਾ ਬੁੱਢਾ ਜੀ ਆਖਦੇ ਹਨ।
ਬੁੱਢਾ ਜੀ ਨੇ ਸਿੱਖੀ ਧਾਰਨ ਕੀਤੀ, ਅਤੇ ਗੁਰੂ ਨਾਨਕ ਦੇਵ ਜੀ ਦੇ ਸਿੱਖ ਬਣ ਗਏ। ਉਹ ਸਾਰਾ ਦਿਨ ਸੰਗਤਾਂ ਦੀ ਸੇਵਾ ਕਰਦੇ, ਖੇਤਾਂ ਵਿੱਚ ਜਾ ਕੇ ਖੇਤੀ-ਬਾੜੀ ਦਾ ਕੰਮ ਵੀ ਨਿਭਾਉਂਦੇ ਅਤੇ ਨਾਮ ਜਪਦੇ ਰਹਿੰਦੇ। ਉਨ੍ਹਾਂ ਨੇ ਆਪਣਾ ਜੀਵਨ ਸਿੱਖਾਂ ਲਈ ਨਮੂਨਾ ਬਣਾਇਆ ਅਤੇ ਗੁਰੂ ਜੀ ਦੇ 'ਨਾਮ ਜਪਣ, ਕਿਰਤ ਕਰਨ ਤੇ ਵੰਡ ਕੇ ਛਕਣ' ਦੇ ਉਪਦੇਸ਼ ਨੂੰ ਕਮਾ ਕੇ ਦਿਖਾਇਆ। ਗੁਰੂ ਨਾਨਕ ਦੇਵ ਜੀ ਉਨ੍ਹਾਂ ਉੱਪਰ ਬਹੁਤ ਪ੍ਰਸੰਨ ਸਨ, ਅਤੇ ਜਦੋਂ ਗੁਰੂ ਜੀ ਨੇ ਗੁਰਗੱਦੀ ਗੁਰੂ ਅੰਗਦ ਦੇਵ ਜੀ ਨੂੰ ਸੌਂਪੀ, ਤਾਂ ਗੁਰੂ ਜੀ ਨੇ ਗੁਰਿਆਈ ਦੀ ਰਸਮ ਬਾਬਾ ਬੁੱਢਾ ਜੀ ਪਾਸੋਂ ਅਦਾ ਕਰਵਾਈ। ਮਗਰੋਂ ਤੀਜੀ, ਚੌਥੀ, ਪੰਜਵੀਂ ਤੇ ਛੇਵੀਂ ਪਾਤਸ਼ਾਹੀ ਨੂੰ ਗੁਰਤਾ ਦੀ ਰਸਮ ਵੀ ਬਾਬਾ ਬੁੱਢਾ ਜੀ ਹੀ ਕਰਦੇ ਰਹੇ।