ਸਮੱਗਰੀ 'ਤੇ ਜਾਓ

ਖਿਦਰਾਣੇ ਦੀ ਢਾਬ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਮੁਕਤਸਰ ਨੂੰ ਪਹਿਲਾਂ ‘ਖਿਦਰਾਣੇ ਦੀ ਢਾਬ’ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਕਿਉਂਕਿ ਚਾਰੇ ਪਾਸਿਓਂ ਵਰਖਾ ਦਾ ਪਾਣੀ, ਇੱਥੇ ਆ ਕੇ ਜਮ੍ਹਾਂ ਹੋ ਜਾਂਦਾ ਸੀ। ਰੇਤਲੇ ਇਲਾਕੇ ਵਿੱਚ ਪਾਣੀ ਦੀ ਬੇਹੱਦ ਘਾਟ ਹੋਣ ਕਾਰਨ ਇਹ ਢਾਬ, ਆਸ-ਪਾਸ ਦੇ ਇਲਾਕੇ ਦੇ ਲੋਕਾਂ ਲਈ ਪਾਣੀ ਦੀ ਲੋੜ-ਪੂਰਤੀ ਦਾ ਇੱਕ ਵੱਡਾ ਸਰੋਤ ਸੀ। ਰੇਤਲੇ ਟਿੱਬਿਆਂ ਵਾਲੀ ਇਸ ਧਰਤੀ ਨੂੰ ਭਾਗ ਕਿਵੇਂ ਲੱਗੇ ਇਹ ਇਤਿਹਾਸ ਦੀ ਬੇਮਿਸਾਲ ਦਾਸਤਾਨ ਹੈ। ਗੁਰੂ ਜੀ ਚਮਕੌਰ, ਮਾਛੀਵਾੜਾ, ਕਟਾਣੀ, ਕਨੇਚ, ਆਲਮਗੀਰ, ਮੋਹੀ, ਹੇਰ, ਕਮਾਲਪੁਰਾ, ਲੰਮੇ, ਸੀਲੋਆਣੀ, ਰਾਇਕੋਟ, ਦੀਨਾ, ਕੋਟਕਪੂਰਾ ਆਦਿ ਹੁੰਦੇ ਹੋਏ ਜਦ ਜੈਤੋ ਪੁੱਜੇ ਤਾਂ ਪਤਾ ਲੱਗਾ ਕਿ ਸੂਬਾ ਸਰਹਿੰਦ ਭਾਰੀ ਲਾਓ-ਲਸ਼ਕਰ ਨਾਲ ਆਪ ਦਾ ਪਿੱਛਾ ਕਰਦਾ ਹੋਇਆ ਆ ਰਿਹਾ ਹੈ। ਗੁਰੂ ਜੀ ਨੇ ਯੁੱਧ ਨੀਤੀ ਅਨੁਸਾਰ ਖਿਦਰਾਣੇ ਦੀ ਢਾਬ ਨਜ਼ਦੀਕ ਉਸ ਨਾਲ ਟਾਕਰਾ ਕਰਨਾ ਵਧੇਰੇ ਯੋਗ ਸਮਝਿਆ। ਮਾਝੇ ਦੇ ਸਿੰਘਾਂ ਦਾ ਜਥਾ ਜਦੋਂ ਕਲਗੀਧਰ ਪਾਤਸ਼ਾਹ ਦੀ ਭਾਲ ਕਰਦਾ ਹੋਇਆ ਖਿਦਰਾਣੇ ਦੀ ਢਾਬ ਪਾਸ ਪੁੱਜਾ ਤਾਂ ਇਨ੍ਹਾਂ ਨੂੰ ਵੀ ਵਜ਼ੀਦ ਖਾਨ ਦੀ ਸੈਨਾ ਦੇ ਪੁੱਜਣ ਦੀ ਖ਼ਬਰ ਮਿਲੀ, ਜਿਸ ‘ਤੇ ਸਿੰਘਾਂ ਨੇ ਆਪੋ-ਆਪਣੇ ਮੋਰਚੇ ਸੰਭਾਲ ਲਏ। ਸਿੰਘਾਂ ਦੀ ਯੁੱਧ ਨੀਤੀ ਪੂਰੀ ਤਰ੍ਹਾਂ ਸਫਲ ਰਹੀ ਕਿਉਂਕਿ ਗੁਰੂ ਜੀ ਦਾ ਪਿੱਛਾ ਕਰਦੀ ਹੋਈ ਮੁਗ਼ਲ ਫੌਜ ਵੀ ਸਾਰੀ ਉਸੇ ਪਾਸੇ ਝੁਕ ਗਈ। ਉਧਰ ਮਾਤਾ ਭਾਗ ਕੌਰ ਅਤੇ ਭਾਈ ਮਹਾਂ ਸਿੰਘ ਦੀ ਅਗਵਾਈ ਹੇਠ ਸਿੰਘਾਂ ਨੇ ਇੱਕ ਦਮ ਦੁਸ਼ਮਣ ਫੌਜ਼ ‘ਤੇ ਹੱਲਾ ਬੋਲ ਦਿੱਤਾ। ਸੈਂਕੜੇ ਮੁਗਲ ਸੈਨਿਕ ਮਾਰੇ ਗਏ। ਦਸਮ ਪਿਤਾ ਨੇ ਵੀ ਟਿੱਬੀ ਤੋਂ ਤੀਰਾਂ ਦੀ ਝੜੀ ਲਾ ਦਿੱਤੀ। ਬਹੁਤ ਸਾਰੇ ਦੁਸ਼ਮਣ ਦੇ ਜਰਨੈਲ ਗੁਰੂ ਜੀ ਦੇ ਤੀਰਾਂ ਦੀ ਭੇਟ ਚੜ੍ਹਦੇ ਗਏ। ਬਹਾਦਰ ਸਿੰਘ ਤਲਵਾਰਾਂ ਲੈ ਕੇ ਮੁਗ਼ਲਾਂ ਉੱਤੇ ਟੁੱਟ ਪਏ। ਮੁਗ਼ਲਾਂ ਦੇ ਮੈਦਾਨੋਂ ਭੱਜ ਜਾਣ ‘ਤੇ ਗੁਰੂ ਗੋਬਿੰਦ ਸਿੰਘ ਜੀ ਨੇ ਰਣਭੂਮੀ ਵਿੱਚ ਆ ਕੇ ਵੇਖਿਆ ਕਿ ਢਾਬ ਕੰਢੇ ਜ਼ਖਮੀ ਹਾਲ ਵਿੱਚ ਬੈਠੀ ਮਾਤਾ ਭਾਗੋ ਆਪਣੇ ਜ਼ਖਮਾਂ ਨੂੰ ਧੋ ਰਹੀ ਸੀ। ਮਾਤਾ ਭਾਗੋ ਨੇ ਗੁਰੂ ਸਾਹਿਬ ਨੂੰ ਵੇਖਿਆ ਤੇ ਦੀਨ ਦੁਨੀ ਦੇ ਪਾਤਸ਼ਾਹ ਦੇ ਚਰਨਾਂ ਵਿੱਚ ਸੀਸ ਨਿਵਾਇਆ। ਮਾਤਾ ਭਾਗੋ ਨੇ ਪਾਤਸ਼ਾਹ ਨੂੰ ਸੂਰਬੀਰ ਸਿੰਘਾਂ ਦੀ ਬਹਾਦਰੀ ਅਤੇ ਸ਼ਹਾਦਤਾਂ ਦੀ ਗਾਥਾ ਸੁਣਾਈ। ਪਾਤਸ਼ਾਹ ਨੇ ਜੰਗ ‘ਚ ਜੂਝੇ ਸੂਰਮਿਆਂ ਨੂੰ ਅਤਿਅੰਤ ਸਨੇਹ ਨਾਲ ਪੰਜ ਹਜ਼ਾਰੀ, ਸੱਤ ਹਜ਼ਾਰੀ, ਦੱਸ ਹਜ਼ਾਰੀ ਆਦਿ ਦਾ ਵਰ ਦਿੰਦੇ ਹੋਏ ਹਰੇਕ ਨੂੰ ਆਪਣੇ ਕਰ ਕਮਲਾਂ ਨਾਲ ਪਲੋਸਿਆ। ਏਨੇ ਨੂੰ ਭਾਈ ਮਹਾਂ ਸਿੰਘ ਸਹਿਕਦਾ ਹੋਇਆ ਗੁਰੂ ਜੀ ਦੀ ਨਜ਼ਰੀਂ ਪਿਆ। ਪਾਤਸ਼ਾਹ ਨੇ ਉਸ ਦੇ ਸੀਸ ਨੂੰ ਜਦੋਂ ਗੋਦ ਵਿੱਚ ਲਿਆ ਅਤੇ ਉਸ ਦਾ ਮੂੰਹ ਪੂੰਝਿਆ ਤਾਂ ਉਸ ਦੀਆਂ ਅੱਖਾਂ ਖੁੱਲ੍ਹ ਗਈਆਂ। ਜਿਸ ਗੁਰੂ ਜੀ ਦਾ ਧਿਆਨ ਉਸ ਦੇ ਹਿਰਦੇ ਵਿੱਚ ਸੀ, ਉਨ੍ਹਾਂ ਦੀ ਗੋਦ ਵਿੱਚ ਹੀ ਉਹ ਉਨ੍ਹਾਂ ਦਾ ਦੀਦਾਰ ਕਰ ਰਿਹਾ ਸੀ। ਕਲਗੀਧਰ ਪਾਤਸ਼ਾਹ ਗੋਦੀ ‘ਚ ਲਏ ਭਾਈ ਮਹਾਂ ਸਿੰਘ ਦਾ ਅੰਤਮ ਸਮਾਂ ਨੇੜੇ ਆਉਂਦਾ ਵੇਖ ਉਸ ਦੇ ਜੀਵਨ ਦੀ ਕਿਸੇ ਇੱਛਾ ਬਾਰੇ ਜਦੋਂ ਪੁੱਛਿਆ, ਤਾਂ ਭਰੀਆਂ ਅੱਖਾਂ ਨਾਲ ਮਹਾਂ ਸਿੰਘ ਨੇ ਕਿਹਾ “ਉਤਮ ਭਾਗ ਹਨ, ਅੰਤ ਸਮੇਂ ਆਪ ਦੇ ਦਰਸ਼ਨ ਹੋ ਗਏ, ਸਭ ਇੱਛਾਂ ਪੂਰੀਆਂ ਹੋ ਗਈਆਂ ਹਨ। ਜੇ ਆਪ ਤੁੱਠੇ ਹੋ ਤਾਂ ਕਿਰਪਾ ਕਰੋ ਕਿ ਜਿਹੜੀ ਲਿਖਤ ਅਸੀਂ ਆਪ ਜੀ ਨੂੰ ਬੇਦਾਵੇ ਦੀ ਲਿਖ ਕੇ ਦੇ ਆਏ ਸਾਂ ਉਸ ਨੂੰ ਪਾੜ ਕੇ ਟੁੱਟੀ ਮੇਲ ਲਉ।” ਪਾਤਸ਼ਾਹ ਨੇ ਭਾਈ ਮਹਾਂ ਸਿੰਘ ਦੀ ਭਾਵਨਾ ਅਨੁਸਾਰ ਹੋਰ ਬਖਸ਼ਿਸ਼ਾਂ ਕਰਨ ਦੇ ਨਾਲ-ਨਾਲ ਕਮਰਕੱਸੇ ਵਿਚੋਂ ਬੇਦਾਵੇ ਦਾ ਕਾਗਜ਼ ਕੱਢ ਕੇ ਪਾੜ ਦਿੱਤਾ। ਭਾਈ ਮਹਾਂ ਸਿੰਘ ਨੇ ਗੁਰੂ ਸਾਹਿਬ ਨੂੰ ਬੇਦਾਵਾ ਪਾੜਦਿਆਂ ਦੇਖ ਅਤੇ ‘ਧੰਨ ਸਿੱਖੀ’ ਦੇ ਬੋਲ ਸੁਣ ਸਵਾਸ ਤਿਆਗ ਦਿੱਤੇ। ਸ਼ਹੀਦ ਹੋਏ ਸਿੰਘਾਂ ਦਾ ਸਸਕਾਰ ਕਰਵਾ ਗੁਰੂ ਸਾਹਿਬ ਨੇ ‘ਖ਼ਾਲਸਾ ਮੇਰੋ ਰੂਪ ਹੈ ਖਾਸ’ ਦੇ ਸਿਧਾਂਤ ਨੂੰ ਅਮਲੀ ਰੂਪ ਦਿੰਦਿਆਂ ਢਾਬ ਨੂੰ ਮੁਕਤੀ ਦਾ ਸਰ ਹੋਣ ਦਾ ਵਰਦਾਨ ਦਿੱਤਾ। ਅੱਜ ਇਹ ਸਥਾਨ ਸੰਸਾਰ ‘ਚ ‘ਮੁਕਤਸਰ’ ਦੇ ਨਾਮ ਨਾਲ ਪ੍ਰਸਿੱਧ ਹੈ।